ਭਗਵੰਤ ਮਾਨ ਨੇ ਜਥੇਦਾਰ ਨੂੰ ਸਪੱਸ਼ਟੀਕਰਨ ਸੌਂਪਿਆ
ਅਕਾਲ ਤਖ਼ਤ ਸਾਹਿਬ ਦੀ ਸਿੱਖ ਰਹਿਤ ਮਰਿਆਦਾ ਤੇ ਸਰਬਉੱਚਤਾ, ਗੁਰੂ ਕੀ ਗੋਲਕ ਵਿਰੁੱਧ ਇਤਰਾਜ਼ਯੋਗ ਟਿੱਪਣੀਆਂ ਕਰਨ, ਗੁਰੂ ਸਾਹਿਬਾਨ ਅਤੇ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ ਦੀਆਂ ਤਸਵੀਰਾਂ ਨਾਲ ਇਤਰਾਜ਼ਯੋਗ ਗਤੀਵਿਧੀ ਕਰਦਿਆਂ ਦੀ ਸਾਹਮਣੇ ਆਈ ਵੀਡੀਓ ਆਦਿ ਮਾਮਲਿਆਂ ਦੇ ਸਬੰਧ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਕਾਲ ਤਖ਼ਤ ਸਕੱਤਰੇਤ ’ਚ ਆਪਣਾ ਸਪੱਸ਼ਟੀਕਰਨ ਸੌਂਪਿਆ। ਇਸ ’ਤੇ ਹੁਣ ਪੰਜ ਸਿੰਘ ਸਾਹਿਬਾਨ ਦੀ ਹੋਣ ਵਾਲੀ ਇਕੱਤਰਤਾ ਵਿੱਚ ਵਿਚਾਰ ਕੀਤਾ ਜਾਵੇਗਾ। ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਦੱਸਿਆ ਕਿ ਮੁੱਖ ਮੰਤਰੀ ਨਾਲ ਬਹੁਤ ਹੀ ਚੰਗੇ ਮਾਹੌਲ ਵਿੱਚ ਗੱਲਬਾਤ ਹੋਈ ਹੈ ਅਤੇ ਉਹ ਆਪਣਾ ਪੱਖ ਰੱਖ ਕੇ ਗਏ ਹਨ। ਇਸ ਤੋਂ ਪਹਿਲਾਂ ਉਨ੍ਹਾਂ ਅਕਾਲ ਤਖ਼ਤ ਵਿਖੇ ਮੱਥਾ ਟੇਕਿਆ ਅਤੇ ਦੇਗ ਵੀ ਕਰਾਈ। ਸਕੱਤਰੇਤ ’ਚ ਲਗਭਗ 40 ਮਿੰਟ ਚੱਲੀ ਗੱਲਬਾਤ ਦੌਰਾਨ ਮੁੱਖ ਮੰਤਰੀ ਪਾਸੋਂ ਉਨ੍ਹਾਂ ਵਿਰੁੱਧ ਪੁੱਜੀਆਂ ਸ਼ਿਕਾਇਤਾਂ ਵਿੱਚ ਲੱਗੇ ਵੱਖ-ਵੱਖ ਦੋਸ਼ਾਂ ਦਾ ਇੱਕ-ਇੱਕ ਕਰ ਕੇ ਸਪੱਸ਼ਟੀਕਰਨ ਲਿਆ ਗਿਆ। ਭਗਵੰਤ ਮਾਨ ਆਪਣੇ ਨਾਲ ਇੱਕ ਬੈਗ ਵੀ ਲੈ ਕੇ ਆਏ ਸਨ ਜਿਸ ਵਿੱਚ ਵੱਖ-ਵੱਖ ਤਰ੍ਹਾਂ ਦੀਆਂ ਸ਼ਿਕਾਇਤਾਂ ਅਤੇ ਹੋਰ ਦਸਤਾਵੇਜ਼ ਸ਼ਾਮਲ ਸਨ ਜੋ ਉਨ੍ਹਾਂ ਸਕੱਤਰੇਤ ’ਚ ਸੌਂਪਿਆ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਜਥੇਦਾਰ ਗੜਗੱਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਨੇ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਨੂੰ ਸਮਰਪਣ ਭਾਵ ਨਾਲ ਪ੍ਰਵਾਨ ਕਰਦਿਆਂ ਇਹ ਮਹਿਸੂਸ ਕੀਤਾ ਹੈ ਕਿ ਉਨ੍ਹਾਂ ਵੱਲੋਂ ਬੀਤੇ ਸਮੇਂ ’ਚ ਕੁਝ ਗਲਤ ਬਿਆਨੀਆਂ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਦੀ ਇਤਰਾਜ਼ਯੋਗ ਵੀਡੀਓ ਦੀ ਫੋਰੈਂਸਿਕ ਜਾਂਚ ਕਰਵਾਈ ਜਾਵੇਗੀ। ਜਥੇਦਾਰ ਨੇ ਕਿਹਾ ਕਿ ਮੁੱਖ ਮੰਤਰੀ ਸੂਬੇ ਅੰਦਰ ਮੌਜੂਦ ਹਰ ਧਰਮ ਦਾ ਤਰਜਮਾਨ ਹੁੰਦਾ ਹੈ ਅਤੇ ਉਨ੍ਹਾਂ ਵੱਲੋਂ ਸਿੱਖ ਧਰਮ ਬਾਰੇ ਕੀਤੀਆਂ ਗਈਆਂ ਟਿੱਪਣੀਆਂ ਠੀਕ ਨਹੀਂ ਹਨ। ਮੁੱਖ ਮੰਤਰੀ ਨੂੰ ਇਸ ਗੱਲ ਤੋਂ ਵਰਜਿਆ ਗਿਆ ਹੈ ਕਿ ਉਹ ਅਗਾਂਹ ਤੋਂ ਸਿੱਖਾਂ ਦੇ ਮਾਮਲਿਆਂ ਬਾਰੇ ਗ਼ਲਤ ਸ਼ਬਦਾਵਲੀ ਨਾ ਵਰਤਣ। ਜਥੇਦਾਰ ਨੇ ਮੁੱਖ ਮੰਤਰੀ ਨੂੰ ਅਕਾਲ ਤਖ਼ਤ ਸਾਹਿਬ ਦੀ ਪੰਥ ਪ੍ਰਵਾਨਤ ਸਿੱਖ ਰਹਿਤ ਮਰਿਆਦਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਮਦਨ ਅਤੇ ਖ਼ਰਚਿਆਂ ਨਾਲ ਸਬੰਧਤ ਚਿੱਠੀਆਂ ਦਾ ਰਿਕਾਰਡ ਪ੍ਰਕਾਸ਼ਿਤ ਕਰਨ ਵਾਲੇ ਮਾਸਿਕ ਗੁਰਦੁਆਰਾ ਗਜ਼ਟ ਰਸਾਲੇ ਦੀ ਕਾਪੀ ਵੀ ਵਿਸ਼ੇਸ਼ ਤੌਰ ਉੱਤੇ ਦਿੰਦਿਆਂ ਆਖਿਆ ਕਿ ਉਹ ਇਨ੍ਹਾਂ ਇਤਿਹਾਸਕ ਦਸਤਾਵੇਜ਼ਾਂ ਨੂੰ ਜ਼ਰੂਰ ਪੜ੍ਹਨ ਅਤੇ ਸਮਝਣ। ਗੁਰੂ ਗ੍ਰੰਥ ਸਾਹਿਬ ਦੇ ਲਾਪਤਾ 328 ਪਾਵਨ ਸਰੂਪਾਂ ਦੇ ਮਾਮਲੇ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਜਥੇਦਾਰ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਨੂੰ ਇਸ ਸੰਜੀਦਾ ਮਾਮਲੇ ਉੱਤੇ ਕਿਸੇ ਤਰ੍ਹਾਂ ਦੀ ਵੀ ਕਾਹਲ ਨਹੀਂ ਕਰਨੀ ਚਾਹੀਦੀ। ਜਥੇਦਾਰ ਨੇ ਕਿਹਾ ਕਿ ਮੁੱਖ ਮੰਤਰੀ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਮਾਮਲਿਆਂ ਸਬੰਧੀ ਕੁਝ ਦਸਤਾਵੇਜ਼ ਦਿੱਤੇ ਹਨ ਅਤੇ ਇਨ੍ਹਾਂ ਦੀ ਘੋਖ ਕੀਤੀ ਜਾਵੇਗੀ।