ਸ਼੍ਰੋਮਣੀ ਕਮੇਟੀ ਵੱਲੋਂ ਆਤਿਸ਼ੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦਾ ਫ਼ੈਸਲਾ
ਗੁਰੂ ਸਾਹਿਬਾਨ ਬਾਰੇ ਕਥਿਤ ਇਤਰਾਜ਼ਯੋਗ ਟਿੱਪਣੀ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ‘ਆਪ’ ਆਗੂ ਆਤਿਸ਼ੀ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰੇਗੀ। ਇਹ ਫ਼ੈਸਲਾ ਅੱਜ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਮੀਟਿੰਗ ਦੌਰਾਨ ਆਤਿਸ਼ੀ ਖ਼ਿਲਾਫ਼ ਨਿੰਦਾ ਮਤਾ ਵੀ ਪਾਸ ਕੀਤਾ ਗਿਆ। ਸ੍ਰੀ ਧਾਮੀ ਦੀ ਅਗਵਾਈ ’ਚ ਅੱਜ ਇੱਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿੱਚ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਹੋਈ ਹੈ। ਮੀਟਿੰਗ ਵਿੱਚ ਬੀਤੇ ਦਿਨੀਂ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ‘ਆਪ’ ਆਗੂ ਆਤਿਸ਼ੀ ਵੱਲੋਂ ਸਿੱਖ ਗੁਰੂ ਸਾਹਿਬਾਨ ਖ਼ਿਲਾਫ਼ ਕੀਤੀ ਕਥਿਤ ਅਪਮਾਨਜਨਕ ਟਿੱਪਣੀ ਬਾਰੇ ਨਿੰਦਾ ਮਤਾ ਪਾਸ ਕਰਦਿਆਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਦਾ ਫ਼ੈਸਲਾ ਕੀਤਾ ਗਿਆ। ਦਿੱਲੀ ਵਿਧਾਨ ਸਭਾ ਦੇ ਸੈਸ਼ਨ ਵਿੱਚ ਲੋਕਾਂ ਵੱਲੋਂ ਚੁਣੇ ਨੁਮਾਇੰਦੇ ਨੇ ਗੁਰੂ ਸਾਹਿਬਾਨ ਬਾਰੇ ਕਥਿਤ ਅਪਮਾਨਜਨਕ ਸ਼ਬਦਾਵਲੀ ਵਰਤ ਕੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਅਜਿਹਾ ਕਰ ਕੇ ‘ਆਪ’ ਆਗੂ ਨੇ ਆਪਣੀ ਘਟੀਆ ਮਾਨਸਿਕਤਾ ਦਾ ਪ੍ਰਗਟਾਵਾ ਕੀਤਾ ਹੈ, ਜਿਸ ਕਾਰਨ ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸੱਚਖੰਡ ਹਰਿਮੰਦਰ ਸਾਹਿਬ ਦੇ ਪਾਵਨ ਸਰੋਵਰ ਵਿੱਚ ਨੌਜਵਾਨ ਵੱਲੋਂ ਮਰਿਆਦਾ ਦੇ ਉਲਟ ਜਾ ਕੇ ਕੀਤੀ ਹਰਕਤ ਦੀ ਵੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਮਰਿਆਦਾ ਵਿਰੁੱਧ ਕਿਸੇ ਵੀ ਹਰਕਤ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਹਰ ਧਰਮ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਸਮੇਂ ਇੱਥੋਂ ਦੀ ਪਾਵਨ ਮਰਿਆਦਾ ਦਾ ਸਨਮਾਨ ਕੀਤਾ ਜਾਵੇ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਵਿਦਿਆਰਥੀਆਂ ਨੂੰ ਮੁਕਾਬਲਾ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਲਈ ਨਿਸ਼ਚੈ ਪ੍ਰਸ਼ਾਸਕੀ ਸੇਵਾਵਾਂ ਸਿਖਲਾਈ ਕੇਂਦਰ ਦੇ ਛੇ ਵਿਦਿਆਰਥੀਆਂ ਵੱਲੋਂ ਪੀ ਸੀ ਐੱਸ ਦੀ ਮੁੱਢਲੀ ਪ੍ਰੀਖਿਆ ਪਾਸ ਕਰਨ ਅਤੇ ਨਿਸ਼ਚੈ ਅਕੈਡਮੀ ਆਫ ਜੁਡੀਸ਼ਲ ਸਰਵਿਸਿਜ਼ ਬਹਾਦਰਗੜ੍ਹ ਪਟਿਆਲਾ ਦੀ ਵਿਦਿਆਰਥਣ ਵੱਲੋਂ ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਵੱਲੋਂ ਲਾਅ ਅਫ਼ਸਰ ਦੀ ਪ੍ਰੀਖਿਆ ਪਾਸ ਕਰਨ ਦੀ ਵੀ ਸ਼ਲਾਘਾ ਕੀਤੀ। ਸ੍ਰੀ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਯਤਨ ਹੈ ਕਿ ਸਿੱਖ ਵਿਦਿਆਰਥੀ ਮੁਕਾਬਲਾ ਪ੍ਰੀਖਿਆਵਾਂ ਨੂੰ ਪਾਸ ਕਰ ਕੇ ਉੱਚ ਅਹੁਦਿਆਂ ’ਤੇ ਪਹੁੰਚਣ। ਅੰਤ੍ਰਿੰਗ ਕਮੇਟੀ ਵੱਲੋਂ ਅੱਜ ਦੀ ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਮਾਮਲਿਆਂ ਅਤੇ ਗੁਰਦੁਆਰਾ ਸਾਹਿਬਾਨ, ਟਰੱਸਟ ਵਿਭਾਗ ਸਣੇ ਵੱਖ-ਵੱਖ ਵਿਭਾਗਾਂ ਦੇ ਮਾਮਲੇ ਵਿਚਾਰੇ ਗਏ। ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਕੁਲਵੰਤ ਸਿੰਘ ਅਤੇ ਅੰਤ੍ਰਿੰਗ ਮੈਂਬਰਾਂ ਸਣੇ ਓ ਐੱਸ ਡੀ ਸਤਬੀਰ ਸਿੰਘ ਧਾਮੀ, ਸਕੱਤਰ ਪ੍ਰਤਾਪ ਸਿੰਘ, ਸੁਖਮਿੰਦਰ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਤੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਮੌਜੂਦ ਸਨ।