ਪ੍ਰੀਖਿਆ ’ਚ ਦਸਤਾਰ ਲੁਹਾਉਣ ’ਤੇ ਇਤਰਾਜ਼

blog single post
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੱਧ ਪ੍ਰਦੇਸ਼ ਦੇ ਰਤਲਾਮ ਵਿੱਚ ਲੋਕ ਸੇਵਾ ਕਮਿਸ਼ਨ ਦੀ ਪ੍ਰੀਖਿਆ ਦੌਰਾਨ ਅੰਮ੍ਰਿਤਧਾਰੀ ਵਿਦਿਆਰਥਣ ਦੀ ਦਸਤਾਰ ਅਤੇ ਕਿਰਪਾਨ ਲੁਹਾਉਣ ਦੇ ਮਾਮਲੇ ’ਤੇ ਸਖ਼ਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਕਿਹਾ ਕਿ ਇਹ ਘਟਨਾ ਬੇਹੱਦ ਮੰਦਭਾਗੀ ਹੈ ਅਤੇ ਇਸ ਨਾਲ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਡੂੰਘੀ ਠੇਸ ਪੁੱਜੀ ਹੈ। ਉਨ੍ਹਾਂ ਕਿਹਾ ਕਿ ਸਿੱਖ ਧਰਮ ਦੇ ਸਿਧਾਂਤਾਂ ਅਤੇ ਰਵਾਇਤਾਂ ਤੋਂ ਸਾਰਾ ਦੇਸ਼ ਭਲੀ-ਭਾਂਤ ਜਾਣੂ ਹੈ। ਇਸ ਦੇ ਬਾਵਜੂਦ ਸਿੱਖ ਕਕਾਰਾਂ ’ਤੇ ਇਤਰਾਜ਼ ਕਰਨਾ ਅਤੇ ਬੱਚਿਆਂ ਨੂੰ ਪ੍ਰੀਖਿਆਵਾਂ ’ਚ ਕਕਾਰ ਪਹਿਨਣ ਤੋਂ ਰੋਕਣਾ ਸੰਵਿਧਾਨ ਦੀ ਉਲੰਘਣਾ ਹੈ। ਅਜਿਹੀਆਂ ਘਟਨਾਵਾਂ ਸਿੱਖਾਂ ਨੂੰ ਆਪਣੇ ਹੀ ਦੇਸ਼ ਵਿੱਚ ਬੇਗਾਨਗੀ ਦਾ ਅਹਿਸਾਸ ਕਰਵਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਭਾਵੇਂ ਪ੍ਰੀਖਿਆ ਸਟਾਫ਼ ਨੇ ਮੁਆਫ਼ੀ ਮੰਗ ਲਈ ਹੈ ਪਰ ਅਜਿਹਾ ਵਾਪਰਨਾ ਹੀ ਨਹੀਂ ਚਾਹੀਦਾ ਸੀ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਇਹ ਯਕੀਨੀ ਬਣਾਇਆ ਜਾਵੇ ਕਿ ਕਿਸੇ ਵੀ ਪ੍ਰੀਖਿਆ ਦੌਰਾਨ ਸਿੱਖ ਕਕਾਰਾਂ ਦਾ ਸਨਮਾਨ ਬਰਕਰਾਰ ਰਹੇ।