ਹੋਲੇ-ਮਹੱਲੇ 'ਤੇ ਜਥੇਦਾਰ ਕੁਲਦੀਪ ਗੜਗੱਜ ਨੇ ਸਿੱਖ ਕੌਮ ਦੀ ਵੱਖਰੀ ਪਛਾਣ ਤੇ ਬੰਦੀ ਸਿੰਘਾਂ ਦੀ ਰਿਹਾਈ ਦਾ ਚੁੱਕਿਆ ਮੁੱਦਾ
ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ-ਮਹੱਲਾ ਤਿਉਹਾਰ ਦਾ ਅੱਜ ਆਖ਼ਰੀ ਦਿਨ ਹੈ। ਹੋਲੇ-ਮਹੱਲੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਦੇ ਵੱਖ-ਵੱਖ ਗੁਰੂ ਘਰਾਂ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਈਆਂ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਲੇ-ਮਹੱਲੇ ਮੌਕੇ 'ਤੇ ਬੋਲਦਿਆਂ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਦੀ ਨਿਆਰੀ ਹੋਂਦ, ਮੌਜੂਦਾ ਰਾਜਨੀਤਿਕ ਹਾਲਾਤ ਅਤੇ ਕੌਮੀ ਮਸਲਿਆਂ 'ਤੇ ਡੂੰਘੀ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਖਾਲਸਾ ਪੰਥ ਕਿਸੇ ਬਹੁ-ਗਿਣਤੀ ਦਾ ਹਿੱਸਾ ਨਹੀਂ ਹੈ ਸਗੋਂ ਗੁਰੂ ਸਾਹਿਬ ਵੱਲੋਂ ਬਖ਼ਸ਼ੀ ਇਕ ਵੱਖਰੀ ਅਤੇ ਨਿਆਰੀ ਪਛਾਣ ਰੱਖਦਾ ਹੈ। ਕੁਲਦੀਪ ਸਿੰਘ ਗੜਗੱਜ ਨੇ ਹੋਲੇ-ਮਹੱਲੇ ਦੀ ਇਤਿਹਾਸਕ ਮਹੱਤਤਾ ਦਾ ਜ਼ਿਕਰ ਕਰਦੇ ਕਿਹਾ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਨੇ ਸਿੱਖਾਂ ਨੂੰ ਗੁਲਾਮੀ ਦੀਆਂ ਜੰਜੀਰਾਂ ਤੋੜਨ ਲਈ ਸ਼ਸਤਰਾਂ ਅਤੇ ਅਭਿਆਸੀ ਜੰਗ ਨਾਲ ਜੋੜਿਆ ਸੀ। ਉਨ੍ਹਾਂ ਨੇ ਮੌਜੂਦਾ ਸਮੇਂ 'ਚ ਕੈਮੀਕਲ ਰੰਗਾਂ ਦੀ ਵਰਤੋਂ ਨੂੰ ਸਿੱਖ ਰਵਾਇਤਾਂ ਦੇ ਉਲਟ ਦੱਸਿਆ ਅਤੇ ਕੌਮ ਨੂੰ 'ਬਾਣੀ ਦੇ ਰੰਗ' ਵਿੱਚ ਰੰਗਣ ਦੀ ਅਪੀਲ ਕੀਤੀ। ਸੰਬੋਧਨ ਦੌਰਾਨ ਕੁਲਦੀਪ ਸਿੰਘ ਗੜਗੱਜ ਨੇ ਬੰਦੀ ਸਿੰਘਾਂ ਦਾ ਮੁੱਦਾ ਜ਼ੋਰ-ਸ਼ੋਰ ਨਾਲ ਚੁੱਕਿਆ। ਉਨ੍ਹਾਂ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਅਤੇ ਭਾਈ ਜਗਤਾਰ ਸਿੰਘ ਹਵਾਰਾ ਵਰਗੇ ਯੋਧੇ ਲੰਬੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਹਨ। ਉਨ੍ਹਾਂ ਸਰਕਾਰ 'ਤੇ ਪੱਖਪਾਤ ਦਾ ਦੋਸ਼ ਲਾਉਂਦਿਆਂ ਕਿਹਾ ਕਿ ਇਕ ਪਾਸੇ ਸੰਗੀਨ ਜੁਰਮਾਂ ਵਾਲੇ ਅਖੌਤੀ ਸਾਧਾਂ ਨੂੰ ਛੁੱਟੀਆਂ ਦਿੱਤੀਆਂ ਜਾ ਰਹੀਆਂ ਹਨ ਪਰ ਸਿੱਖ ਕੈਦੀਆਂ ਨੂੰ ਆਪਣੀ ਬਜ਼ੁਰਗ ਮਾਂ ਨੂੰ ਮਿਲਣ ਦੀ ਇਜਾਜ਼ਤ ਵੀ ਨਹੀਂ ਦਿੱਤੀ ਜਾ ਰਹੀ। ਗੜਗੱਜ ਨੇ ਪਿਛਲੇ ਤਿੰਨ ਮਹੀਨਿਆਂ ਵਿੱਚ ਪੰਜਾਬ 'ਚ ਹੋਏ 34 ਪੁਲਸ ਮੁਕਾਬਲਿਆਂ ਦੀ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਕਾਨੂੰਨ ਦਾ ਰਾਜ ਹੋਣਾ ਚਾਹੀਦਾ ਹੈ ਨਾ ਕਿ 'ਡੰਡੇ ਦਾ ਰਾਜ'। ਉਨ੍ਹਾਂ ਪੁਲਸ ਨੂੰ ਅਦਾਲਤ ਨਾ ਬਣਨ ਦੀ ਤਾਕੀਦ ਕਰਦਿਆਂ ਨੌਜਵਾਨਾਂ ਦੇ ਮਾਰੇ ਜਾਣ 'ਤੇ ਦੁੱਖ ਪ੍ਰਗਟਾਇਆ। ਕੌਮ ਦੇ ਭਵਿੱਖ ਬਾਰੇ ਗੱਲ ਕਰਦਿਆਂ ਉਨ੍ਹਾਂ ਸਿੱਖ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ 'ਤੇ ਜ਼ੋਰ ਦਿੱਤਾ। ਉਨ੍ਹਾਂ ਸਾਲ 2049 ਤੱਕ ਦਾ ਟੀਚਾ ਰੱਖਦਿਆਂ ਕਿਹਾ ਕਿ ਹਰ ਗੁਰਦੁਆਰਾ ਕਮੇਟੀ ਪੜ੍ਹਾਈ 'ਚ ਅੱਵਲ ਬੱਚਿਆਂ ਦੀ ਮਦਦ ਕਰੇ ਤਾਂ ਜੋ ਉਹ ਉੱਚੇ ਅਹੁਦਿਆਂ 'ਤੇ ਪਹੁੰਚ ਸਕਣ। ਇਸ ਦੇ ਨਾਲ ਹੀ ਉਨ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਰੋਕਣ ਲਈ ਭਾਰਤੀ ਸੰਵਿਧਾਨ ਵਿੱਚ ਇਕ ਵਿਸ਼ੇਸ਼ ਅਤੇ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਕੀਤੀ। ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੂੰ ਸਿੱਖਾਂ ਦੀ ਨੁਮਾਇੰਦਾ ਜਮਾਤ ਦੱਸਦਿਆਂ ਸੰਸਥਾਵਾਂ ਨੂੰ ਕਮਜ਼ੋਰ ਕਰਨ ਦੀਆਂ ਸਾਜ਼ਿਸ਼ਾਂ ਤੋਂ ਸੁਚੇਤ ਰਹਿਣ ਲਈ ਕਿਹਾ। ਉਨ੍ਹਾਂ ਐਲਾਨ ਕੀਤਾ ਕਿ ਭਾਈ ਤਾਰਾ ਸਿੰਘ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ 8 ਮਾਰਚ ਤੋਂ 12 ਮਾਰਚ ਤੱਕ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਖਾਲਸਾਈ ਮਾਰਚ ਕੱਢਿਆ ਜਾਵੇਗਾ, ਜੋ ਤਰਨਤਾਰਨ ਦੇ ਵੱਖ-ਵੱਖ ਪਿੰਡਾਂ ਤੋਂ ਹੁੰਦਾ ਹੋਇਆ ਸੰਪੰਨ ਹੋਵੇਗਾ। ਗੜਗੱਜ ਨੇ ਅਖੀਰ 'ਚ ਚਿਤਾਵਨੀ ਦਿੱਤੀ ਕਿ ਜੇਕਰ ਦੇਸ਼ 'ਚ ਸਿੱਖ ਕਮਜ਼ੋਰ ਹੋਣਗੇ ਤਾਂ ਇਹ ਮੁਲਕ ਵੀ ਕਮਜ਼ੋਰ ਹੋਵੇਗਾ, ਕਿਉਂਕਿ ਸਰਹੱਦਾਂ 'ਤੇ ਸਭ ਤੋਂ ਵੱਧ ਸ਼ਹਾਦਤਾਂ ਸਿੱਖਾਂ ਦੀਆਂ ਹਨ।