ਬੇਅਦਬੀ ਮਾਮਲੇ ’ਤੇ ਕਾਂਗਰਸ ਤੇ ਆਪ ਨੇ ਸਿਆਸਤ ਕੀਤੀ: ਸੁਖਬੀਰ

blog single post
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਅਤੇ ‘ਆਪ’ ਸਰਕਾਰਾਂ ਨੇ ਬੇਅਦਬੀ ਮਾਮਲਿਆਂ ’ਤੇ ਸਿਰਫ਼ ਰਾਜਨੀਤੀ ਕੀਤੀ ਹੈ। ਅੰਕੜਿਆਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਦੱਸਿਆ ਕਿ ਪਿਛਲੇ 10 ਸਾਲਾਂ ਵਿੱਚ ਬੇਅਦਬੀ ਦੀਆਂ 597 ਘਟਨਾਵਾਂ ਵਾਪਰੀਆਂ, ਪਰ ਸਖ਼ਤ ਕਾਰਵਾਈ ਨਾ ਹੋਣ ਕਾਰਨ ਸਿਰਫ਼ 44 ਮੁਲਜ਼ਮਾਂ ਨੂੰ ਸਜ਼ਾ ਮਿਲੀ ਅਤੇ 99 ਬਰੀ ਹੋ ਗਏ। ਇੱਥੇ ਹਲਕਾ ਜੈਤੋ ਤੋਂ ਪਾਰਟੀ ਦੇ ਇੰਚਾਰਜ ਸੂਬਾ ਸਿੰਘ ਬਾਦਲ ਦੀ ਅਗਵਾਈ ਹੇਠ ਕੀਤੀ ਗਈ ‘ਪੰਜਾਬ ਬਚਾਓ’ ਰੈਲੀ ਨੂੰ ਸੰਬੋਧਨ ਕਰਦਿਆਂ ਸੁਖਬੀਰ ਨੇ ਕਿਹਾ, ‘ਮੈਂ ਪੁੱਛਣਾ ਚਾਹੁੰਦਾ ਹਾਂ ਕਿ ਹੁਣ ਬਲਜੀਤ ਸਿੰਘ ਦਾਦੂਵਾਲ ਅਤੇ ਧਿਆਨ ਸਿੰਘ ਮੰਡ ਵਰਗੇ ਕਿੱਥੇ ਹਨ?’ ਉਨ੍ਹਾਂ ਦੋਸ਼ ਲਾਇਆ ਕਿ ਇਨ੍ਹਾਂ ਆਗੂਆਂ ਦਾ ਮਕਸਦ ਸਿਰਫ਼ 2015 ਵਿੱਚ ਅਕਾਲੀ ਸਰਕਾਰ ਨੂੰ ਬਦਨਾਮ ਕਰਨਾ ਸੀ ਜਿਸ ਕਰ ਕੇ ਉਨ੍ਹਾਂ ਨੇ ਕੇਂਦਰੀ ਏਜੰਸੀਆਂ ਦੇ ਹੁਕਮਾਂ ’ਤੇ ਬਰਗਾੜੀ ਬੇਅਦਬੀ ਮਾਮਲੇ ਵਿੱਚ ਅਕਾਲੀ ਦਲ ’ਤੇ ਦੋਸ਼ ਲਾਏ। ਸਕੂਲ ਸਿੱਖਿਆ ਵਿੱਚ ਪੰਜਾਬ ਦੇ ਪਹਿਲੇ ਨੰਬਰ ’ਤੇ ਰਹਿਣ ਦੇ ਦਾਅਵਿਆਂ ’ਤੇ ਸਵਾਲ ਚੁੱਕਦਿਆਂ ਉਨ੍ਹਾਂ ਪੁੱਛਿਆ ਕਿ ਸਰਕਾਰ ਦੱਸੇ ਕਿ ਕਿੰਨੇ ਨਵੇਂ ਸਕੂਲ ਖੋਲ੍ਹੇ ਗਏ ਹਨ ਅਤੇ ਕਿੰਨੇ ਅਧਿਆਪਕ ਭਰਤੀ ਕੀਤੇ ਗਏ ਹਨ। ਉਨ੍ਹਾਂ ਦੋਸ਼ ਲਾਇਆ ਕਿ ਨੈਸ਼ਨਲ ਅਚੀਵਮੈਂਟ ਸਰਵੇ ਲਈ ਸਰਕਾਰ ਅੰਕੜਿਆਂ ਵਿੱਚ ਹੇਰ-ਫੇਰ ਕਰ ਰਹੀ ਹੈ, ਜਦਕਿ ਮੁੱਖ ਮੰਤਰੀ ਨੇ ਖ਼ੁਦ ਪਹਿਲਾਂ ਇਸ ਸਰਵੇਖਣ ਨੂੰ ਫ਼ਰਜ਼ੀ ਕਰਾਰ ਦਿੱਤਾ ਸੀ। ‘ਆਪ’ ਸਰਕਾਰ ਵੱਲੋਂ ਸਰਕਾਰੀ ਖ਼ਰਚੇ ’ਤੇ 16 ਹਜ਼ਾਰ ਰੈਲੀਆਂ ਅਤੇ ਗ੍ਰਾਮ ਸਭਾਵਾਂ ਕਰਨ ਦੀ ਤਜਵੀਜ਼ ਨੂੰ ਵੱਡਾ ਘੁਟਾਲਾ ਦੱਸਦਿਆਂ ਉਨ੍ਹਾਂ ਕਿਹਾ ਕਿ ਇਸ ਵਿੱਚ ਟੈਂਟਾਂ ਅਤੇ ਖਾਣੇ ਦੇ ਠੇਕੇ ਮਹਿੰਗੇ ਭਾਅ ’ਤੇ ਦੇ ਕੇ ਮੋਟਾ ਕਮਿਸ਼ਨ ਲਿਆ ਜਾਵੇਗਾ। ਉਨ੍ਹਾਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਤੋਂ ਇਸ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਰਾਜਸਥਾਨ ਨਹਿਰ ਵਿੱਚ ਜਾਂਦਾ ਪਾਣੀ ਰੋਕ ਕੇ ਪੰਜਾਬ ਦੇ ਖੇਤਾਂ ਨੂੰ ਦਿੱਤਾ ਜਾਵੇਗਾ। ਇਸ ਮੌਕੇ ਅਕਾਲੀ ਦਲ ਦੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ, ਸ਼ੇਰ ਸਿੰਘ ਮੰਡਵਾਲਾ, ਮਨਤਾਰ ਸਿੰਘ ਬਰਾੜ, ਪਰਮਬੰਸ ਸਿੰਘ ਰੋਮਾਣਾ, ਗੁਰਿੰਦਰ ਕੌਰ ਭੋਲੂਵਾਲਾ, ਗੁਰਚੇਤ ਸਿੰਘ ਬਰਗਾੜੀ ਅਤੇ ਯਾਦਵਿੰਦਰ ਸਿੰਘ ਯਾਦੀ ਹਾਜ਼ਰ ਸਨ।